ਨੌਕਰਾਂ ਸਬੰਧੀ ਸਾਰੀ ਜਾਣਕਾਰੀ ਰੱਖਣ ਦੇ ਵੀ ਹੁਕਮ ਜਾਰੀ
ਹਸ਼ਿਆਰਪੁਰ, 27 ਦਸੰਬਰ (ਸੁਖਨਿੰਦਰ ਸਿੰਘ ਕਲੋਟੀ) -
ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਅੰਦਰ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਬੱਚੇ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਜਿਸ ਨਾਲ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਲਪੇਟ ਵਿੱਚ ਆ ਕੇ ਦੋ ਪਹੀਆ ਵਾਹਨ ਦੁਰਘਟਨਾਗ੍ਰਸਤ ਵੀ ਹੋ ਜਾਂਦੇ ਹਨ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਕਈ ਵਾਰ ਪੰਛੀ ਵੀ ਫਸ ਕੇ ਜਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਂਦੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 22 ਫਰਵਰੀ 2021 ਤੱਕ ਲਾਗੂ ਰਹਿਣਗੇ।
ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ। ਇਹ ਹੁਕਮ 23 ਫਰਵਰੀ 2021 ਤੱਕ ਲਾਗੂ ਰਹਿਣਗੇ।
0 Comments