ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ 4 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ


 ਟਾਂਡਾ ਉੜਮੁੜ, 30 ਸਤੰਬਰ (ਨਵਦੀਪ ਸਿੰਘ )- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਤੇ ਵਿਕਾਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੇ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਟਾਂਡਾ ਵਿਖੇ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਹੈ | ਇਨ੍ਹਾਂ ਮੁਲਾਜ਼ਮਾਂ ਦੀ ਐਸੋਸੀਏਸ਼ਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਹੋਏ ਇਸ ਰੋਸ ਵਿਖਾਵੇ ਵਿਚ ਸਮੂਹ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਨਖ਼ਾਹ ਨਾ ਦੇਣ ਕਾਰਨ ਜਿੱਥੇ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਨ੍ਹਾਂ ਦੇ ਪਰਿਵਾਰਾਂ ਦਾ  ਗੁਜ਼ਾਰਾ ਚਲਾਉਣਾ ਵੀ ਔਖਾ ਹੋ ਰਿਹਾ ਹੈ |  ਉਨ੍ਹਾਂ   ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹ ਨਾ ਮਿਲੀ  ਤਾਂ  ਉਹ 3 ਅਕਤੂਬਰ ਨੂੰ ਕਲਮ ਛੋੜ ਹੜਤਾਲ 'ਤੇ ਜਾਣਗੇ ਅਤੇ 4 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰਾਂ ਅੱਗੇ ਧਰਨਾ ਦੇਣਗੇ ਅਤੇ ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ  ਉਹ 7 ਅਕਤੂਬਰ ਨੂੰ ਹੋਣ ਵਾਲੀ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਵਿਚ ਇਸ ਸਬੰਧੀ ਰਣਨੀਤੀ ਤੈਅ ਕਰਕੇ ਸੰਘਰਸ਼ ਹੋਰ ਤੇਜ਼ ਕਰਨਗੇ । ਇਸ ਰੋਸ ਮੁਜ਼ਾਹਰੇ ਵਿਚ ਮਨਪ੍ਰੀਤ ਸਿੰਘ, ਜਗੀਰ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਸਿੰਘ, ਰੇਨੂੰ ਬਾਲਾ, ਜਸਪਾਲ ਸਿੰਘ, ਗੀਤਾ, ਮਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ।


Post a Comment

0 Comments