ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ 5 ਸਾਲ ਤੱਕ ਦੇ ਬੱਚਿਆਂ ਦੇ ਨਿਯਮਿਤ ਟੀਕਾਕਰਨ ਤੇ ਨਿਗਰਾਨੀ ’ਤੇ ਕੀਤਾ ਜਾਵੇਗਾ ਗੰਭੀਰਤਾ ਨਾਲ ਕੰਮ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 9 ਨਵੰਬਰ (ਵਰਿੰਦਰ ਸ਼ਰਮਾ)-
ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਖ਼ਾਤਮੇ ਦੇ ਮੱਦੇਨਜ਼ਰ ਨਿਯਮਿਤ ਟੀਕਾਕਰਨ ਤੇ ਨਿਗਰਾਨੀ ਸਬੰਧੀ ਅੱਜ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਿਹਤ ਵਿਭਾਗ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਸਰਕਾਰ 2023 ਤੱਕ ਖਸਰਾ ਅਤੇ ਰੁਬੇਲਾ (ਐਮ.ਆਰ) ਦੇ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਲੱਮ ਇਲਾਕਿਆਂ, ਇੱਟਾਂ ਦੇ ਭੱਠਿਆਂ ਆਦਿ ਵਿਚ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਨੂੰ ਟੀਕਾਰਕਨ ਅਤੇ ਇਸ ਦੀ ਨਿਗਰਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 5 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਲਈ ਯਤਨ ਕੀਤੇ ਜਾਣ ਅਤੇ ਯੋਜਨਾਬੱਧ ਢੰਗ ਨਾਲ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਖਸਰਾ ਤੇ ਰੁਬੇਲਾ ਦਾ ਟੀਕਾਕਰਨ ਨਹੀਂ ਕਰਵਾਇਆ ਹੈ ਤਾਂ ਉਹ ਬੁੱਧਵਾਰ ਨੂੰ ਸਰਕਾਰੀ ਸਿਹਤ ਕੇਂਦਰ ਵਿਖੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।


 

Post a Comment

0 Comments